November 29, 2026
ਲੁਧਿਆਣਾ ’ਚ ਭਿਆਨਕ ਹਾਦਸਾ, 3 ਦੀ ਮੌਤ ਤੇ 5 ਜ਼ਖ਼ਮੀ
Aman Makkar / Ludhiana
ਲੁਧਿਆਣਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਲਾਡੋਵਾਲ ਥਾਣੇ ਅਧੀਨ ਪੈਂਦੇ ਮੁੱਲਾਂਪੁਰ ਰੋਡ ’ਤੇ ਮਿੰਨੀ ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿੱਚ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਐਤਵਾਰ ਸਵੇਰੇ ਕਰੀਬ 9 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਆਟੋ-ਰਿਕਸ਼ਾ ਚਾਲਕ ਜਸਬੀਰ ਸਿੰਘ (45) ਅੱਠ ਸਵਾਰੀਆਂ ਨੂੰ ਲੈ ਕੇ ਹਾਈਵੇਅ ਵੱਲ ਜਾ ਰਿਹਾ ਸੀ। ਜਦੋਂ ਉਹ ਮੁੱਲਾਂਪੁਰ ਰੋਡ ’ਤੇ ਪਹੁੰਚਿਆ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਮਿੰਨੀ ਟਰੱਕ ਨੇ ਆਟੋ-ਰਿਕਸ਼ਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ-ਰਿਕਸ਼ਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਇਸ ਵਿੱਚ ਸਵਾਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਇਸ ਹਾਦਸੇ ਵਿੱਚ ਆਟੋ ਚਾਲਕ ਜਸਬੀਰ ਸਿੰਘ, 65 ਸਾਲਾ ਸੁਰਿੰਦਰ ਕੌਰ ਅਤੇ ਕਰੀਬ 45 ਸਾਲਾ ਇੱਕ ਪਰਵਾਸੀ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਆਟੋ ਵਿੱਚ ਸਵਾਰ ਇੱਕੋ ਪਰਿਵਾਰ ਦੇ ਪੰਜ ਜੀਅ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਲਾਡੋਵਾਲ ਦੇ ਐੱਸਐੱਚਓ ਨੇ ਦੱਸਿਆ ਕਿ ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Ludhiana Road Accident Mullanpur Road Ladowal Police Mini Truck Accident Auto Rickshaw Accident Punjab Road Accident Three Dead Five Injured Punjab News Road Safety