November 29, 2026
ਪੰਜਾਬ ’ਚ ਵਧੇਗੀ ਠੰਢ, 13 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦਾ ਅਲਰਟ
Parmjeet Kaur / Punjab
ਦਸੰਬਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀ ਦਾ ਅਸਰ ਹੋਰ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਠੰਢ ਦੇ ਜ਼ੋਰ ਫੜਨ ਸਬੰਧੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਸੂਬੇ ਵਿੱਚ ਫ਼ਿਲਹਾਲ ਮੌਸਮ ਖ਼ੁਸ਼ਕ ਰਹਿਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿਖੇ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਸਮੇਂ ਸਵੇਰ ਅਤੇ ਸ਼ਾਮ ਵੇਲੇ ਠੰਢ ਦਾ ਵਧੇਰੇ ਅਸਰ ਦੇਖਣ ਨੂੰ ਮਿਲ ਰਿਹਾ ਹੈ, ਜਦਕਿ ਖ਼ੁਸ਼ਕ ਹਵਾਵਾਂ ਵੀ ਚੱਲ ਰਹੀਆਂ ਹਨ।ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨ ਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐੱਸਏਐੱਸ ਨਗਰ (ਮੁਹਾਲੀ) ਅਤੇ ਨਵਾਂਸ਼ਹਿਰ ਵਿੱਚ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਧੁੰਦ ਕਾਰਨ ਸਵੇਰ ਵੇਲੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਰਹੇਗੀ। ਇਸ ਦੌਰਾਨ 2 ਦਸੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ ਪਹਾੜੀ ਇਲਾਕਿਆਂ ਦੇ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ। ਹਾਲਾਂਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਫ਼ਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ।
Punjab Weather Chandigarh Weather Dense Fog Alert Winter Update Cold Wave Punjab News Weather Forecast Western Disturbance Ludhiana Temperature Imd Alert