August 16, 2026
5 ਸਤੰਬਰ ਨੂੰ ਬਠਿੰਡਾ ਤੋਂ ਗੂੰਜੇਗੀ ਖੇਡਾਂ ਦੀ ਧੂਮ, ਹਰ ਉਮਰ ਵਰਗ ਨੂੰ ਮਿਲੇਗਾ ਖੇਡਾਂ ਨਾਲ ਜੁੜਨ ਦਾ ਮੌਕਾ
ਨਰੂਲਾ / Patiala
ਪਟਿਆਲਾ, 16 ਅਗਸਤ: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਟਿਆਲਾ ਪਹੁੰਚੀ ਖੇਡਾਂ ਦੀ ਮਸ਼ਾਲ ਦਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਖੇਡ ਮੇਲਾ ਪੰਜਾਬ ਦੇ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਵੱਡਾ ਮੰਚ ਸਾਬਤ ਹੋਵੇਗਾ। ਉਨ੍ਹਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰ ’ਤੇ 7, ਜ਼ਿਲ੍ਹਾ ਪੱਧਰ ’ਤੇ 28 ਅਤੇ ਸੂਬਾ ਪੱਧਰ ’ਤੇ 38 ਖੇਡਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਤੋਂ ਇਲਾਵਾ ਵੱਡੀ ਉਮਰ ਦੇ ਲੋਕ ਵੀ ਭਾਗ ਲੈ ਸਕਣਗੇ। ਉਨ੍ਹਾਂ ਕਿਹਾ ਕਿ ਬੇਟੇ-ਬੇਟੀਆਂ ਤੋਂ ਲੈ ਕੇ ਦਾਦਾ-ਦਾਦੀ ਅਤੇ ਪੋਤਾ-ਪੋਤੀ ਤੱਕ ਹਰ ਕੋਈ ਇਨ੍ਹਾਂ ਖੇਡਾਂ ਦਾ ਹਿੱਸਾ ਬਣ ਸਕਦਾ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਭਾਗ ਲੈਣ ਅਤੇ ਇਸ ਉਪਰਾਲੇ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਆਪਣੀ ਊਰਜਾ ਖੇਡਾਂ ਵਿੱਚ ਲਗਾਉਣ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਿੱਧੀ ਭਰਤੀ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਖੇਡ ਪ੍ਰਤਿਭਾ ਨਾਲ ਰੋਜ਼ਗਾਰ ਦੇ ਮੌਕੇ ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਕੇ ਖੇਡਾਂ ਵਿੱਚ ਆਪਣੀ ਪ੍ਰਤਿਭਾ ਸਾਬਤ ਕਰਨ, ਇਨਾਮ ਜਿੱਤਣ ਅਤੇ ਖੇਡ ਪ੍ਰਾਪਤੀਆਂ ਰਾਹੀਂ ਰੋਜ਼ਗਾਰ ਦੇ ਮੌਕੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ, ਸਿਹਤਮੰਦ ਸਮਾਜ ਬਣਾਉਣ ਅਤੇ ਪੰਜਾਬ ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਇੱਕ ਵੱਡਾ ਮੰਚ ਹੈ।
20 Khedan Vatan Punjab Diyan Punjab Sports 2026 2026 Dr Balbir Singh Bhagwant Mann Patiala Sports News Punjab Government Sports 2026 Punjab Sports News Patiala News Bathinda News Punjab Latest News 5 2026